ਬਟਾਲਾ, 17 ਜੁਲਾਈ ( ਚਰਨਦੀਪ ਬੇਦੀ, ਅਦੱਰਸ਼ ਤੁੱਲੀ, ਸੁਮਿਤ ਨੌਰੰਗ, ਸੁਨੀਲ ਯੁੱਮਣ ) –
ਵਿਰਾਸਤੀ ਮੰਚ ਬਟਾਲਾ ਵੱਲੋਂ ਐਡਵੋਕੇਟ ਐੱਚ.ਐੱਸ. ਮਾਂਗਟ, ਪ੍ਰਧਾਨ ਬਲਦੇਵ ਸਿੰਘ ਰੰਧਾਵਾ, ਡੀ.ਪੀ.ਆਰ.ਓ. ਇੰਦਰਜੀਤ ਸਿੰਘ ਅਤੇ ਪ੍ਰੋ. ਜਸਬੀਰ ਸਿੰਘ ਦੀ ਅਗਵਾਈ ਹੇਠ ਪਿੰਡ ਮਿਰਜ਼ਾਜਾਨ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਲਾਇਬ੍ਰੇਰੀ ਅਤੇ ਮਿਊਜ਼ੀਅਮ ਵਿਖੇ ਵਣ-ਮਹਾਂਉਤਸਵ ਮਨਾਇਆ ਗਿਆ।
ਇਸ ਮੌਕੇ ਵਿਰਾਸਤੀ ਮੰਚ ਬਟਾਲਾ ਦੀ ਟੀਮ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਲਾਇਬ੍ਰੇਰੀ ਅਤੇ ਮਿਊਜ਼ੀਅਮ ਦੇ ਵਿਹੜੇ ਵਿੱਚ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਗਏ। ਇਸ ਮੌਕੇ ਸਮੁੱਚੀ ਟੀਮ ਵੱਲੋਂ ਇਨ੍ਹਾਂ ਪੌਦਿਆਂ ਦੀ ਸਾਂਭ-ਸੰਭਾਲ ਦਾ ਅਹਿਦ ਵੀ ਲਿਆ ਗਿਆ।ਇਸ ਮੌਕੇ ਵਿਰਾਸਤੀ ਮੰਚ ਬਟਾਲਾ ਦੇ ਸਰਪ੍ਰਸਤ ਐਡਵੋਕੇਟ ਐੱਚ.ਐੱਸ. ਮਾਂਗਟ ਨੇ ਕਿਹਾ ਕਿ ਧਰਤੀ ਉੱਪਰ ਜੀਵਨ ਦੇ ਬਣੇ ਰਹਿਣ ਲਈ ਵਾਤਾਵਰਨ ਦੀ ਸੰਭਾਲ ਬਹੁਤ ਜ਼ਰੂਰੀ ਹੈ ਅਤੇ ਆਪਣੇ ਚੌਗਿਰਦੇ ਨੂੰ ਹਰਾ-ਭਰਾ ਬਣਾਉਣ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਨ ਸਾਫ਼ ਰਹਿ ਸਕੇ ਤੇ ਬਿਮਾਰੀਆਂ ਤੋਂ ਵੀ ਬਚਾਅ ਹੋ ਸਕੇ।ਵਿਰਾਸਤੀ ਮੰਚ ਬਟਾਲਾ ਦੇ ਪ੍ਰਧਾਨ ਬਲਦੇਵ ਸਿੰਘ ਨੇ ਕਿਹਾ ਕਿ ਵੱਧ ਰਹੇ ਪ੍ਰਦੂਸ਼ਣ ਅਤੇ ਆਲਮੀ ਤਪਸ਼ ਕਾਰਨ ਸਾਰੀ ਦੁਨੀਆਂ ਵਾਤਾਵਰਨ ਸਬੰਧੀ ਮੁਸ਼ਕਲਾਂ ਨਾਲ ਜੂਝ ਰਹੀ ਹੈ ਤਾਂ ਅਜਿਹੇ ਵਿੱਚ ਵਾਤਾਵਰਨ ਸੰਭਾਲ ਦੀ ਅਹਿਮੀਅਤ ਹੋਰ ਵੀ ਵੱਧ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਵਾਤਾਵਰਨ ਦਾ ਤਵਾਜ਼ਨ ਠੀਕ ਰੱਖਣ ਲਈ ਵੱਧ ਤੋਂ ਵੱਧ ਰੁੱਖਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਹੁਣ ਵੀ ਨਾ ਸੰਭਲੇ ਤਾਂ ਫਿਰ ਕੁਦਰਤ ਦੀ ਮਾਰ ਤੋਂ ਬਚਣਾ ਬਹੁਤ ਔਖਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਨ ਪ੍ਰਤੀ ਆਪਣੇ ਫ਼ਰਜ ਨੂੰ ਨਿਭਾਉਣਾ ਚਾਹੀਦਾ ਹੈ। ਇਸ ਮੌਕੇ ਡੀ.ਪੀ.ਆਰ.ਓ. ਇੰਦਰਜੀਤ ਸਿੰਘ ਅਤੇ ਪ੍ਰੋ. ਜਸਬੀਰ ਸਿੰਘ ਨੇ ਵੀ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਨਸੂਨ ਸੀਜ਼ਨ ਦੌਰਾਨ ਲਗਾਏ ਸਾਰੇ ਪੌਦਿਆਂ ਦੀ ਸੰਭਾਲ ਕੀਤੀ ਜਾਵੇ ਤਾਂ ਜੋ ਇਹ ਪੌਦੇ ਰੁੱਖ ਬਣ ਕੇ ਸਾਨੂੰ ਸ਼ੁੱਧ ਤੇ ਸਾਫ਼ ਵਾਤਾਵਰਨ ਦੇ ਸਕਣ। ਇਸ ਮੌਕੇ ਪਿੰਡ ਮਿਰਜ਼ਾਜਾਨ ਦੇ ਵਸਨੀਕ ਮਾਸਟਰ ਸੁਰਜੀਤ ਸਿੰਘ, ਮਨਜੀਤ ਸਿੰਘ ਵਾਲੀਆ, ਕਰਨੈਲ ਸਿੰਘ ਵਾਲੀਆ, ਤਰਨਜੀਤ ਸਿੰਘ ਵਾਲੀਆ ਨੇ ਵੀ ਪੌਦੇ ਲਗਾਉਣ ਦੀ ਸੇਵਾ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇਨ੍ਹਾਂ ਪੌਦਿਆਂ ਦੀ ਸੰਭਾਲ ਦੀ ਜ਼ਿੰਮੇਵਾਰੀ ਲਈ।