Skip to content
ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 9 ਸਤੰਬਰ ਅਤੇ ਗੁਰਦੁਆਰਾ ਡੇਹਰਾ ਸਾਹਿਬ ਤੋਂ 10 ਸਤੰਬਰ ਨੂੰ ਮਹਾਨ ਨਗਰ ਕੀਰਤਨ ਸਜਾਏ ਜਾਣਗੇ
ਬਟਾਲਾ 5 ਸਤੰਬਰ ( ਚਰਨਦੀਪ ਬੇਦੀ, ਅਦੱਰਸ਼ ਤੁੱਲੀ, ਸੁਮਿਤ ਨੌਰੰਗ,ਸੁਨੀਲ ਯੁੱਮਣ,ਚੇਤਨ ਸ਼ਰਮਾ) ਵਿਆਹ ਪੁਰਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਮੁਲਾਕਾਤ ਕਰਕੇ ਵਿਆਹ ਪੁਰਬ ਨੂੰ ਸਚੁੱਜੇ ਢੰਗ ਨਾਲ ਮਨਾਉਣ ਸਬੰਧੀ ਜ਼ਰੂਰੀ ਵਿਚਾਰਾਂ ਕਰਦਿਆਂ ਵਿਆਹ ਪੁਰਬ ਦੇ ਸਮਾਗਮਾਂ ਦੀ ਜਾਣਕਾਰੀ ਦਿੰਦਿਆਂ ਵਿਆਹ ਪੁਰਬ ਮੌਕੇ ਸ਼ਾਮਿਲ ਹੋਣ ਦਾ ਸੱਦਾ ਦਿੱਤਾ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ 537ਵਾਂ ਵਿਆਹ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਅਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ 10 ਸਤੰਬਰ ਦਿਨ ਮੰਗਲਵਾਰ ਨੂੰ ਬਹੁਤ ਹੀ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਵੇਗਾ ।ਐਡਵੋਕੇਟ ਧਾਮੀ ਤੇ ਜਥੇਦਾਰ ਗੋਰਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਖੁਸ਼ੀ ਵਿੱਚ 8 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ ਵਿਆਹ ਪੁਰਬ ਵਾਲੇ ਦਿਨ 10 ਸਤੰਬਰ ਦਿਨ ਮੰਗਲਵਾਰ ਨੂੰ ਪਾਏ ਜਾਣਗੇ। ਐਡਵੋਕੇਟ ਧਾਮੀ ਤੇ ਜਥੇਦਾਰ ਗੋਰਾ ਨੇ ਦੱਸਿਆ ਕਿ ਵਿਆਹ ਪੁਰਬ ਵਾਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਅਸਥਾਨ ਸਹੁਰਾ ਘਰ ਅਤੇ ਮਾਤਾ ਸੁਲੱਖਣੀ ਜੀ ਦੇ ਪੇਕਾ ਘਰ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ ਤੋਂ 10 ਸਤੰਬਰ ਨੂੰ ਸਵੇਰੇ 7 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਸ਼ਹਿਰ ਦੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ, ਗੁਰਦੁਆਰਾ ਸ੍ਰੀ ਕੰਧ ਸਾਹਿਬ ਤੋਂ ਯਾਤਰਾ ਕਰਦਾ ਰਾਤ ਨੂੰ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਮਹਾਨ ਨਗਰ ਕੀਰਤਨ ਦੀ ਸੰਪੂਰਨਤਾ ਹੋਵੇਗੀ। ਐਡਵੋਕੇਟ ਧਾਮੀ ਤੇ ਜਥੇਦਾਰ ਗੋਰਾ ਨੇ ਦੱਸਿਆ ਕਿ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਤੱਕ ਮਹਾਨ ਨਗਰ ਕੀਰਤਨ 9 ਸਤੰਬਰ ਨੂੰ ਸਜਾਇਆ ਜਾਵੇਗਾ। ਉਹਨਾਂ ਦੱਸਿਆ ਕਿ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬਾਨ ਵਿਖੇ ਮਹਾਨ ਕੀਰਤਨ ਦਰਬਾਰ ਅਤੇ ਧਾਰਮਿਕ ਦੀਵਾਨ ਸਜਾਏ ਜਾਣਗੇ। ਉਹਨਾਂ ਦੱਸਿਆ ਕਿ ਵਿਆਹ ਪੁਰਬ ਸਲਾਨਾ ਜੋੜ ਮੇਲੇ ਮੌਕੇ ਤੇ ਗੁਰਮਤਿ ਸਮਾਗਮਾਂ ਵਿੱਚ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ,ਕੋਮ ਦੇ ਮਹਾਨ ਰਾਗੀ ਜਥੇ, ਢਾਡੀ ਜਥੇ, ਕਵੀਸ਼ਰ ਜਥੇ, ਪ੍ਰਚਾਰਕ ਸਾਹਿਬਾਨ, ਕਥਾਵਾਚਕ, ਵਿਦਵਾਨ ਵਿਸ਼ੇਸ਼ ਤੌਰ ਤੇ ਨਤਮਸਤਕ ਹੋਣਗੇ। ਉਹਨਾਂ ਦੱਸਿਆ ਕਿ ਵਿਆਹ ਪੁਰਬ ਮੌਕੇ ਗੁਰਦੁਆਰਾ ਸਾਹਿਬਾਨ ਨੂੰ ਸੁੰਦਰ ਲਾਈਟ ਡੈਕੋਰੇਸ਼ਨਾਂ ਨਾਲ ਸਜਾਇਆ ਜਾਵੇਗਾ। ਐਡਵੋਕੇਟ ਧਾਮੀ ਤੇ ਜਥੇਦਾਰ ਗੋਰਾ ਨੇ ਦੱਸਿਆ ਕਿ ਵਿਆਹ ਪੁਰਬ ਨੂੰ ਸਮਰਪਿਤ 9 ਸਤੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਤੱਕ ਸਜਾਏ ਜਾਣ ਵਾਲੇ ਮਹਾਨ ਨਗਰ ਕੀਰਤਨ ਅਤੇ ਗੁਰਦੁਆਰਾ ਡੇਹਰਾ ਸਾਹਿਬ ਬਟਾਲਾ ਤੋਂ 10 ਸਤੰਬਰ ਨੂੰ ਸਜਾਏ ਜਾਣ ਵਾਲੇ ਮਹਾਨ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਗੁਰਦੁਆਰਾ ਸਾਹਿਬਾਨ ਵਿਖੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।ਇਸ ਮੌਕੇ ਤੇ ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੀਤ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰ ਸੁਖਜਿੰਦਰ ਸਿੰਘ ਭਾਮ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ,ਸ੍ਰ ਸਕੰਦਰ ਸਿੰਘ ਦਮੋਦਰ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਸ੍ਰ ਮਨਜੀਤ ਸਿੰਘ ਜ਼ਫਰਵਾਲ ਮੈਨੇਜਰ ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆਂ ਸਾਹਿਬ ਆਦਿ ਹਾਜ਼ਰ ਸਨ।
ਫੋਟੋ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਨਾਲ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਮੁਲਾਕਾਤ ਕਰਦੇ ਹੋਏ।