Wed. Jul 23rd, 2025

ਬੀਰ ਅਮਰ ਮਾਹਲ। ਸ੍ਰੀ ਅੰਮ੍ਰਿਤਸਰ ਸਾਹਿਬ।

ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਨਿੰਦਾ ਕਰਦੇ ਕਿਹਾ ਕਿ ਸਰਕਾਰ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਬਰਦਾਸ਼ਤ ਨਹੀਂ ਕਰੇਗੀ। ਉਹ ਕੱਲ ਦੇਰ ਸ਼ਾਮ ਮੌਕੇ ਉੱਤੇ ਪੁੱਜੇ ਅਤੇ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਉਨ੍ਹਾਂ ਨੂੰ ਆਪਣੇ ਇਸ ਘਿਨਾਉਣੇ ਕਾਰੇ ਲਈ ਸਖ਼ਤ ਤੋਂ ਸਖ਼ਤ ਸਜਾ ਮਿਲੇ।

ਇਸੇ ਦੌਰਾਨ ਜਾਰੀ ਪ੍ਰੈਸ ਬਿਆਨ ਵਿੱਚ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਪਿੱਛੇ ਅਸਲ ਸਾਜ਼ਿਸ਼ਕਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਸੰਵੇਦਨਸ਼ੀਲ ਘਟਨਾ ਦੇ ਸਾਰੇ ਸਾਜ਼ਿਸ਼ਕਰਤਾਵਾਂ ਨੂੰ ਕਟਹਿਰੇ ਵਿੱਚ ਖੜਾ ਕਰਕੇ ਹੀ ਦਮ ਲਵਾਂਗੇ। ਉਹਨਾਂ ਪੰਜਾਬ ਵਾਸੀਆਂ ਨੂੰ ਡਾ: ਅੰਬੇਡਕਰ ਦੀ ਵਿਰਾਸਤ ਨੂੰ ਸੰਭਾਲਦੇ ਹੋਏ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੀ ਵਿਰਾਸਤ ਦਾ ਸਤਿਕਾਰ ਕਰਦਿਆਂ ਅਜਿਹੀਆਂ ਵੰਡੀਆਂ ਪਾਉਣ ਵਾਲੀਆਂ ਨਫ਼ਰਤ ਭਰੀਆਂ ਹਰਕਤਾਂ ਵਿਰੁੱਧ ਇੱਕਜੁੱਟ ਹੋ ਕੇ ਇੰਨ੍ਹਾਂ ਦਾ ਸਾਹਮਣਾ ਕਰਨਾ ਚਾਹੀਦਾ ਹੈ।

ਇਸੇ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਰਵਿੰਦਰ ਹੰਸ ਨੇ ਬਾਬਾ ਸਾਹਿਬ ਦੇ ਪੈਰੋਕਾਰਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦੇ ਕਿਹਾ ਕਿ ਪੰਜਾਬ ਸਰਕਾਰ ਇਹਨਾਂ ਸਾਜਿਸ਼ਾਂ ਨੂੰ ਬੇਨਕਾਬ ਕਰਕੇ ਰਹੇਗੀ ਅਤੇ ਜੋ ਵੀ ਇਸ ਘਟਨਾ ਦਾ ਦੋਸ਼ੀ ਹੋਇਆ ਉਹ ਜਨਤਾ ਦੇ ਸਾਹਮਣੇ ਲਿਆਂਦਾ ਜਾਵੇਗਾ। ਉਹਨਾਂ ਕਿਹਾ ਕਿ ਇਹ ਸਮਾਂ ਦਿਲ ਦੀ ਥਾਂ ਦਿਮਾਗ ਤੋਂ ਕੰਮ ਲੈਣ ਦਾ ਹੈ ਅਤੇ ਬਾਬਾ ਸਾਹਿਬ ਦੇ ਪੈਰੋਕਾਰ ਜਜ਼ਬਾਤ ਵਿੱਚ ਆ ਕੇ ਕੋਈ ਵੀ ਗਲਤ ਕਦਮ ਨਾ ਉਠਾਉਣ।

ਕੈਪਸ਼ਨ : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਘਟਨਾ ਸਥਾਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਾਲ ਨਜ਼ਰ ਆ ਰਹੇ ਹਨ ਵਿਧਾਇਕਾ ਮੈਡਮ ਜੀਵਨਜੋਤ ਕੋਰ ।
==—

Leave a Reply

Your email address will not be published. Required fields are marked *