Thu. Jul 31st, 2025

ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਦਾਨ ਕਰਨ ਵਿੱਚ ਸੂਬੇ ਦੇ ਸਰਕਾਰੀ ਸਕੂਲ ਮੋਹਰੀ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਤਿੰਨ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਡੇਰਾ ਬਾਬਾ ਨਾਨਕ, 7 ਅਪ੍ਰੈਲ (ਵਰਿੰਦਰ ਬੇਦੀ) –

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਹੋਈ ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਅੱਜ ਤੋਂ ਇਤਿਹਾਸਕ ਇਨਕਲਾਬ ਦੀ ਸ਼ੁਰੂਆਤ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿੱਚ 12 ਫ਼ੀਸਦੀ ਬਜਟ ਦਾ ਵਾਧਾ ਕਰਕੇ ਇਤਿਹਾਸ ਸਿਰਜਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਹਰਦੋਵਾਲ ਖ਼ੁਰਦ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਹਰਦੋਵਾਲ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਟਰਪਾਲਾ ਵਿਖੇ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ।

ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫ਼ੈਸਲੇ ਕੀਤੇ ਗਏ ਹਨ ਅਤੇ ਇਨ੍ਹਾਂ ਫ਼ੈਸਲਿਆਂ ਦੀ ਬਦੌਲਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ਤੇ ਅਤਿ ਆਧੁਨਿਕ ਸਹੂਲਤਾਂ ਨਾਲ ਪੜ੍ਹਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਈ.ਏ.ਐੱਸ., ਆਈ.ਪੀ.ਐੱਸ., ਪੀ.ਸੀ.ਐੱਸ. ਤੇ ਆਈ.ਆਈ.ਟੀ. ਆਦਿ ਉੱਚ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿੱਚ ਪਹੁੰਚ ਗਏ ਸਨ ਅਤੇ ਲੋਕ ਵੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜ਼ੀਹ ਦੇਣ ਲੱਗ ਪਏ ਸਨ। ਪ੍ਰੰਤੂ ਜਦੋਂ ਤੋਂ ਭਗਵੰਤ ਮਾਨ ਸਰਕਾਰ ਨੇ ਕਾਰਜਭਾਰ ਸੰਭਾਲਿਆ ਹੈ ਉਦੋਂ ਤੋਂ ਹੀ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਵਿੱਚ ਵੱਡਾ ਵਾਧਾ ਹੋਇਆ ਹੈ ਅਤੇ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ। ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਜਰੀਏ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿਚੋਂ ਮੋਹਰੀ ਸੂਬਾ ਬਣੇਗਾ। ਇਸ ਮੌਕੇ ਉਨ੍ਹਾਂ ਨਾਲ ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ ਅਤੇ ਇਲਾਕੇ ਦੇ ਮੁਹਤਬਰ ਹਾਜ਼ਰ ਸਨ।

Leave a Reply

Your email address will not be published. Required fields are marked *

You missed