ਵਿਧਾਇਕ ਰੰਧਾਵਾ ਨੇ ਹਲਕਾ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਡਟ ਕੇ ਕੰਮ ਕਰਨ ਅਤੇ ਨਸ਼ਾ ਮੁਕਤੀ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 27 ਮਈ (ਵਰਿੰਦਰ ਬੇਦੀ) –
ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਤਹਿਤ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਹਲਕੇ ਦੇ ਪਿੰਡ ਸਹੂਰ ਕਲਾਂ, ਦੋਸਤਪੁਰ ਅਤੇ ਚੌੜਾ ਕਲਾਂ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਖ਼ਿਲਾਫ਼ ਡਟ ਕੇ ਕੰਮ ਕਰਨ ਅਤੇ ਨਸ਼ਾ ਮੁਕਤੀ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ।
ਇਸ ਮੌਕੇ ਸ. ਗੁਰਦੀਪ ਸਿੰਘ ਰੰਧਾਵਾ ਦੇ ਨਾਲ ਐੱਸ.ਡੀ.ਐੱਮ. ਸ. ਗੁਰਮੰਦਰ ਸਿੰਘ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਕੰਵਲਦੀਪ ਸਿੰਘ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਅਰਸ਼ਦੀਪ ਸਿੰਘ ਤੇ ਹੋਰ ਸਰਕਾਰੀ ਅਧਿਕਾਰੀ ਵੀ ਮੌਜੂਦ ਸਨ।
ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਹੁੰਦਿਆਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸੂਬੇ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪੰਜਾਬ ’ਚ ‘ਨਸ਼ਾ ਮੁਕਤੀ ਯਾਤਰਾ’ ਦੀ ਇਤਿਹਾਸਕ ਸ਼ੁਰੂਆਤ ਕੀਤੀ ਗਈ ਹੈ, ਜਿਸ ਰਾਹੀਂ 15,000 ਤੋਂ ਵੱਧ ਪਿੰਡਾਂ ਅਤੇ ਵਾਰਡਾਂ ਤੱਕ ਜਨ ਜਾਗਰੂਕਤਾ ਦਾ ਸੁਨੇਹਾ ਪਹੁੰਚਾਇਆ ਜਾਵੇਗਾ।
ਵਿਧਾਇਕ ਸ. ਰੰਧਾਵਾ ਨੇ ਵਿਲੇਜ ਡਿਫੈਂਸ ਕਮੇਟੀ ਮੈਂਬਰਾਂ ਨੂੰ ਤਗੜੇ ਹੋ ਕੇ ਆਪਣੇ ਪਿੰਡਾਂ ਦੀ ਨਿਗਰਾਨੀ ਕਰਨ ਲਈ ਹੱਲਾਸ਼ੇਰੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਪਿੰਡ ਵਿੱਚ ਕੋਈ ਨਸ਼ਾ ਵੇਚਦਾ ਹੈ ਜਾਂ ਨਸ਼ੇ ਦੀ ਤਸਕਰੀ ਕਰਦਾ ਹੈ ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਸ. ਰੰਧਾਵਾ ਨੇ ਕਮੇਟੀ ਮੈਂਬਰਾਂ ਨੂੰ ਅਜਿਹੇ ਲੋਕਾਂ ਦੀ ਮਦਦ ਕਰਨ ਲਈ ਵੀ ਪ੍ਰੇਰਿਤ ਕੀਤਾ, ਜੋ ਨਸ਼ੇ ਛੱਡ ਕੇ ਆਮ ਜ਼ਿੰਦਗੀ ਵੱਲ ਪਰਤਣਾ ਚਾਹੁੰਦੇ ਹਨ। ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਖ਼ਿਲਾਫ਼ ਇਸ ਅੰਦੋਲਨ ਨਾਲ ਜੁੜਨ ਦਾ ਸੱਦਾ ਦਿੱਤਾ।
ਇਸ ਮੌਕੇ ਉਨ੍ਹਾਂ ਵੱਲੋਂ ਜਾਗਰੂਕਤਾ ਸਭਾਵਾਂ ਵਿੱਚ ਹਾਜ਼ਰ ਵਿਅਕਤੀਆਂ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਨਸ਼ੇ ਨਾ ਕਰਨ, ਨਾ ਕਰਨ ਦੇਣ, ਨਸ਼ੇ ਦੀ ਵਿੱਕਰੀ ਅਤੇ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲਿਆਂ ਦਾ ਵਿਰੋਧ ਕਰਨ ਅਤੇ ਪੰਜਾਬ ਨੂੰ ਮੁੜ ਰੌਸ਼ਨ, ਸੁਰੱਖਿਅਤ ਅਤੇ ਨਸ਼ਾ ਮੁਕਤ ਕਰਨ ਦੀ ਸਹੁੰ ਚੁੱਕੀ।