Tue. Jul 22nd, 2025

ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ – ਵਿਧਾਇਕ ਰੰਧਾਵਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 20 ਜੁਲਾਈ (ਵਰਿੰਦਰ ਬੇਦੀ) –

ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸਿਹਤਮੰਦ ਤੇ ਰੰਗਲਾ ਪੰਜਾਬ ਬਣਾਉਣ ਲਈ ਵਿੱਢੀ ਗਈ ਮੁਹਿੰਮ `ਯੁੱਧ ਨਸ਼ਿਆਂ ਵਿਰੁੱਧ` ਨੂੰ ਸਫਲ ਬਣਾਉਣ ਲਈ ਲੋਕਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਇਸ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਭਰਪੂਰ ਸਫਲਤਾ ਮਿਲ ਰਹੀ ਹੈ। ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ।

ਇਹ ਪ੍ਰਗਟਾਵਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਨਸ਼ਾ ਮੁਕਤੀ ਯਾਤਰਾ ਮੌਕੇ ਹਲਕੇ ਦੇ ਪਿੰਡ ਉਦੋਵਾਲੀ ਕਲਾਂ ਵਿਖੇ ਕਰਵਾਏ ਗਏ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਇਸ ਬੁਰਾਈ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਆਪਣਾ ਸਹਿਯੋਗ ਦੇਣ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ, ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ, ਤਾਂ ਜੋ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।

ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਅਵਾਮ ਨੂੰ ਇਹ ਵੀ ਅਪੀਲ ਕੀਤੀ ਕਿ ਕਿਸੇ ਵੀ ਨਸ਼ਾ ਤਸਕਰ ਦਾ ਸਾਥ ਨਾ ਦਿੱਤਾ ਜਾਵੇ ਅਤੇ ਜੇਕਰ ਇਸ ਤਰ੍ਹਾਂ ਦਾ ਕੋਈ ਵੀ ਅਜਿਹਾ ਕੇਸ ਸਾਹਮਣੇ ਆਉਂਦਾ ਹੈ ਤਾਂ, ਉਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ।

ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਵਾਈ। ਇਸ ਮੌਕੇ ਉਨ੍ਹਾਂ ਨਾਲ ਡੀ.ਐੱਸ.ਪੀ. ਡੇਰਾ ਬਾਬਾ ਨਾਨਕ ਜੋਗਾ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਇਲਾਕੇ ਦੇ ਪੰਚ-ਸਰਪੰਚ ਤੇ ਮੁਹਤਬਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *